Update 6 March 2025, Time 13:30 PM.
20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ, ਬੀ.ਡੀ.ਪੀ.ਓ. ‘ਤੇ ਵੀ ਕੇਸ ਦਰਜ।
ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਹੋਈ ਮੁਹਿੰਮ ਤਹਿਤ ਅੱਜ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਰਿਸ਼ਵਤਖੋਰੀ ਕੇਸ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਐਸ.ਏ.ਐਸ. ਨਗਰ ਧਨਵੰਤ ਸਿੰਘ ‘ਤੇ ਵੀ ਸਹਿ-ਦੋਸ਼ੀ ਵਜੋਂ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਾਜ਼ਮਾਂ ਖਿਲਾਫ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਨੇ ਸਾਲ 2018-2023 ਤੱਕ ਗ੍ਰਾਮ ਪੰਚਾਇਤ ਵੱਲੋਂ ਕੀਤੇ ਵਿਕਾਸ ਕਾਰਜਾਂ ਲਈ ਵਰਤੀਆਂ ਗਈਆਂ ਗ੍ਰਾਂਟਾਂ ਸਬੰਧੀ ਵਰਤੋਂ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗੀ ਗਈ ਸੀ।
ਜਿਸ ਤੋਂ ਬਾਅਦ ਸਰਪੰਚ ਨੇ ਪੰਜਾਬ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਅਤੇ ਵਿਜੀਲੈਂਸ ਦੁਆਰਾ ਟ੍ਰੈਪ ਲਾ ਕੇ ਪੰਚਾਇਤ ਸਕੱਤਰ ਅਵਨੀਤ ਸਿੰਘ ਬਾਜਵਾ ਨੂੰ ਲਈ ਗਈ ਰਿਸ਼ਵਤ ਸਮੇਤ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।